ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

 ਮੋਰਿੰਡਾ 27 ਮਈ, : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋ ਯੂਨੀਅਨ ਦੀ ਬਲਾਕ ਪ੍ਰਧਾਨ ਹਰਬੰਸ ਕੌਰ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੂੰ ਪੰਜਾਬ ਦੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਨਾਮ ਤੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਆਂਗਨਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ। ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਇਹ ਮੰਗ ਪੱਤਰ ਆਪਣੀ ਸਪਾਰਸ ਸਹਿਤ ਪੰਜਾਬ ਦੇ ਮੁੱਖ ਮੰਤਰੀ ਅਤੇ ਸਬੰਧਤ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਭੇਜਣ ਦਾ ਭਰੋਸਾ ਦਵਾਇਆ ਗਿਆ।


ਹਲਕਾ ਵਿਧਾਇਕ ਨੂੰ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਸਬੰਧੀ ਗੱਲ ਕਰਦਿਆਂ ਯੂਨੀਅਨ ਦੀ ਬਲਾਕ ਪ੍ਰਧਾਨ ਹਰਬੰਸ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ 2 ਵੱਖੋ ਵੱਖਰੇ ਪੱਤਰ ਜਾਰੀ ਕਰਕੇ ਆਂਗਨਵਾੜੀ ਵਰਕਰਾਂ ਦੇ ਹੱਕ ਖੋਹਣ ਦੀ ਕੋਝੀ ਕੋਸ਼ਿਸ਼ ਕੀਤੀ ਗਈ। ਯੂਨੀਅਨ ਆਗੂ ਨੇ ਦੱਸਿਆ ਕਿ ਇੱਕ ਪੱਤਰ ਵਿੱਚ ਵਿਭਾਗ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੀਆਂ 20 ਅਚਨਚੇਤ ਛੁੱਟੀਆਂ ਤੋੰ ਬਿਨਾਂ ਸਿਰਫ ਮੈਡੀਕਲ ਛੁੱਟੀ ਲੈਣ ਅਤੇ ਬਿਨਾਂ ਤਨਖਾਹ ਤੋ ਮਿਲਦੀਆਂ ਛੁੱਟੀਆਂ ਬੰਦ ਕਰਨ ਦੇ ਆਦੇਸ਼ ਜਾਰੀ ਗਏ ਹਨ । ਇਸੇ ਤਰ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਦੂਜੇ ਪੱਤਰ ਵਿੱਚ ਇੱਕ ਜਗ੍ਹਾ ਤੇ 2 ਆਂਗਣਵਾੜੀ ਕੇਂਦਰ ਨਹੀਂ ਚਲਾਉਣ ਸਬੰਧੀ ਫੁਰਮਾਨ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 20 ਹਜ਼ਾਰ ਆਂਗਣਵਾੜੀ ਕੇਂਦਰਾਂ ਦੀਆਂ ਆਪਣੀਆਂ ਬਿਲਡਿੰਗਾਂ ਨਹੀਂ ਹਨ । ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਸ਼ਹਿਰਾਂ ਵਿੱਚ ਆਂਗਣਵਾੜੀ ਸੈਂਟਰ ਕਿਰਾਏ ਦੀਆਂ ਇਮਾਰਤਾਂ ਵਿਚ ਲਗਾਏ ਜਾਂਦੇ ਹਨ, ਜਿਨਾਂ ਦਾ ਸਰਕਾਰ ਵੱਲੋਂ ਸਾਲ ਸਾਲ ਕਰਾਇਆ ਵੀ ਨਹੀਂ ਦਿੱਤਾ ਜਾਂਦਾ , ਉਨਾ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਲਈ ਸਰਕਾਰੀ ਇਮਾਰਤਾਂ ਸਿਰਫ 8 ਕੁ ਹਜ਼ਾਰ ਹੀ ਹਨ ਤੇ 19 ਹਜ਼ਾਰ ਆਂਗਣਵਾੜੀ ਸੈਂਟਰਾਂ ਦੀਆਂ ਸਰਕਾਰੀ ਇਮਾਰਤਾਂ ਹੀ ਨਹੀਂ ਹਨ । 

    ਆਂਗਨਵਾੜੀ ਵਰਕਰਾਂ ਦੇ ਹੈਲਪਰਾਂ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਮੈਡੀਕਲ ਛੁੱਟੀਆਂ ਬੰਦ ਕਰਨ ਵਾਲਾ ਤੇ ਆਂਗਣਵਾੜੀ ਸੈਂਟਰਾਂ ਵਿੱਚ ਹੋਰ ਵਰਕਰਾਂ ਨੂੰ ਨਾ ਬਿਠਾਏ ਜਾਣ ਵਾਲਾ ਆਪਣਾ ਫੈਸਲਾ ਵਾਪਸ ਲਵੇ ਅਤੇ ਆਂਗਣਵਾੜੀ ਸੈਂਟਰ ਜਿਸ ਤਰ੍ਹਾਂ ਜਿੱਥੇ ਚੱਲਦੇ ਹਨ ਉਸੇ ਤਰ੍ਹਾਂ ਜਾਰੀ ਰੱਖੇ ਜਾਣ ਅਤੇ ਵਿਭਾਗ ਵੱਲੋ ਰੋਜਾਨਾ ਨਵੇਂ ਨਵੇਂ ਪੱਤਰ ਜਾਰੀ ਕਰਕੇ ਵਰਕਰਾਂ ਤੇ ਹੈਲਪਰਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਨੀਤੀ ਬੰਦ ਕੀਤੀ ਜਾਵੇ।

 

 ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਇਹ ਚਿੱਠੀਆਂ ਵਾਪਸ ਨਹੀਂ ਲਈਆਂ ਜਾਂਦੀਆਂ ਤਾਂ ਜਥੇਬੰਦੀ ਵੱਲੋਂ ਇਸ ਦੇ ਖਿਲਾਫ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ । ਇਸ ਮੌਕੇ ਤੇ ਮੰਗ ਪੱਤਰ ਦੇਣ ਵਾਲਿਆਂ ਵਿੱਚ ਰਣਜੀਤ ਕੌਰ ਜਨਰਲ ਸਕੱਤਰ, ਕੁਲਜੀਤ ਕੌਰ ਵਿੱਤ ਸਕੱਤਰ, ਸੰਤੋਸ਼ ਕੁਮਾਰੀ ਮੀਤ ਪ੍ਰਧਾਨ, ਨੂਰ ਬੇਗਮ, ਕਿਰਨਜੀਤ ਕੌਰ, ਕੁਲਦੀਪ ਕੌਰ, ਸਿਕੰਦਰ ਕੌਰ, ਹਰਪ੍ਰੀਤ ਕੌਰ ਸਮੇਂ ਤੋਂ ਵੱਡੀ ਗਿਣਤੀ ਵਿੱਚ ਆਂਗਨਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ।

Post a Comment

0 Comments