ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਤੱਕ ਕੱਢਿਆ ਪੈਦਲ ਮਾਰਚ

ਰੂਪਨਗਰ , 30 ਮਈ, : ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਇੱਕ ਪੈਦਲ ਮਾਰਚ ਦਫਤਰ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਪੋਲਿੰਗ ਬੂਥ ਸਰਕਾਰੀ ਆਈ.ਟੀ.ਆਈ. ਲੜਕੀਆਂ ਰੂਪਨਗਰ ਤੱਕ ਕੱਢਿਆ ਗਿਆ, ਜਿਸਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਪੈਦਲ ਮਾਰਚ ਦਾ ਉਦੇਸ਼ ਯੁਵਾ ਵੋਟਰਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਵਿੱਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਪ੍ਰਤੀ ਆਕਰਸ਼ਿਤ ਕਰਨਾ ਸੀ।



ਉਨ੍ਹਾਂ ਕਿਹਾ ਕਿ ਵੋਟਾਂ ਪ੍ਰਤੀ ਸਾਡਾ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਕਿਉੰਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਦੀ ਵਰਤੋਂ ਨਾਲ ਅਸੀਂ ਆਪਣੇ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਲਈ ਸਾਨੂੰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ ਅਤੇ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ।


ਇਸ ਪੈਦਲ ਮਾਰਚ ਵਿੱਚ ਕਰੀਬ 200 ਵੋਟਰਾਂ ਨੇ ਹਿੱਸਾ ਲਿਆ। ਇਸ ਪੈਦਲ ਮਾਰਚ ਦੌਰਾਨ ਨਾਅਰੇ ਲਾ ਕੇ ਇਲਾਕੇ ਦੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਕੋਈ ਵੀ ਨੌਜਵਾਨ ਵੋਟਰ ਵੋਟ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਕਮ ਨੋਡਲ ਅਫਸਰ ਫਾਰ ਸਵੀਪ ਸ਼੍ਰੀ ਮਾਈਕਲ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਕੁਲਦੀਪ ਚੁੱਘ, ਅਸਿਸਟੈਂਟ ਨੋਡਲ ਅਫਸਰ ਵਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Post a Comment

0 Comments