ਪੰਜਾਬ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ : ਸੁਖਬੀਰ ਬਾਦਲ

 ਅੰਮ੍ਰਿਤਸਰ, 30 ਮਈ, : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਝ ਤਾਕਤਾਂ ਪੰਥ ਤੇ ਸੰਪਰਦਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ, ਉਹ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵੇਗਾ। ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ’ਚ ਅੰਮ੍ਰਿਤਸਰ ’ਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਇਹ ਸਮਝਣ ਦੀ ਅਪੀਲ ਕੀਤੀ ਕਿ ਕੁਝ ਏਜੰਸੀਆਂ ਉਹੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੇ ਪਹਿਲਾਂ ਅਮਨ ਤੇ ਭਾਈਚਾਰਕ ਸਾਂਝ ਨੂੰ ਢਾਹ ਲਾਈ ਸੀ। ਉਨ੍ਹਾਂ ਅਜਿਹੇ ਲੋਕਾਂ ਦੀ ਸ਼ਨਾਖ਼ਤ ਕਰਨ ਦੀ ਅਪੀਲ ਕੀਤੀ, ਜੋ ਪੰਥਕ ਹੋਣ ਦਾ ਢੌਂਗ ਤਾਂ ਕਰ ਰਹੇ ਹਨ ਪਰ ਅਸਲ ’ਚ ਪੰਥ ਦੀ ਪਿੱਠ ’ਚ ਛੁਰਾ ਮਾਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਅਨਿਲ ਜੋਸ਼ੀ ਨੂੰ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਦੱਸਦਿਆਂ ਲੋਕਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।


ਬਾਦਲ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਰ. ਐੱਸ. ਐੱਸ. ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਦਾ ਪ੍ਰਬੰਧ ਸੰਭਾਲਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਭੰਗ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਸਰਕਾਰ 2019 ’ਚ ਬੰਦੀ ਸ਼ੇਰਾਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਹੱਟ ਗਈ ਹੈ, ਜਿਸ ਕਾਰਨ ਸਿੱਖਾਂ ’ਚ ਭਾਰੀ ਰੋਸ ਹੈ।


ਉਨ੍ਹਾਂ ਕਾਂਗਰਸ ਬਾਰੇ ਕਿਹਾ ਕਿ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬੀਆਂ ਨੂੰ ਝੂਠੇ ਵਾਅਦੇ ਕਰਕੇ ਮੂਰਖ ਬਣਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ’ਚ ਨਾਕਾਮ ਰਹੀ ਹੈ ਤੇ ਹੁਣ ਸੂਬੇ ਦੀ ਹਰ ਔਰਤ 27 ਹਜ਼ਾਰ ਰੁਪਏ ਦੀ ਕਰਜ਼ਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਦੱਸਣ ਦੀ ਬਜਾਏ ਕਿ ਔਰਤਾਂ ਨੂੰ ਇਹ ਰਾਸ਼ੀ ਜਾਰੀ ਕਰਨ ’ਚ ਕਿਉਂ ਨਾਕਾਮ ਰਹੀ ਹੈ, ਉਹ ਹੁਣ ਉਨ੍ਹਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰ ਰਹੀ ਹੈ।

Post a Comment

0 Comments